ਅੰਮ੍ਰਿਤਸਰ ਤੋਂ ਵੱਡੀ ਖਬਰ, ਕਿਰਪਾਲ ਸਿੰਘ ਬਡੂੰਗਰ ਬਣੇ ਐੱਸ. ਜੀ. ਪੀ. ਸੀ ਦੇ ਨਵੇਂ ਪ੍ਰਧਾਨ

93

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਦੀ ਸ਼ਨੀਵਾਰ ਨੂੰ ਹੋਈ ਮੀਟਿੰਗ ‘ਚ ਨਵੇਂ ਪ੍ਰਧਾਨ ਦੀ ਚੋਣ ਕਰ ਲਈ ਗਈ ਹੈ। ਮੀਟਿੰਗ ਦੌਰਾਨ ਸਰਵ ਸਮੰਤੀ ਨਾਲ ਕਿਰਪਾਲ ਸਿੰਘ ਬਡੂੰਗਰ ਨੂੰ ਐੱਸ. ਜੀ. ਪੀ. ਸੀ. ਦਾ ਨਵਾਂ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਬਲਦੇਵ ਸਿੰਘ ਕਿਆਮਪੁਰੀ ਨੂੰ ਸੀਨੀਅਰ ਮੀਤ ਪ੍ਰਧਾਨ, ਬਾਬਾ ਬੂਟਾ ਸਿੰਘ ਨੂੰ ਜੂਨੀਅਰ ਮੀਤ ਪ੍ਰਧਾਨ ਅਤੇ ਅਮਰਜੀਤ ਸਿੰਘ ਚਾਵਲਾ ਨੂੰ ਜਨਰਲ ਸਕੱਤਰ ਦੇ ਅਹੁਦੇ ਲਈ ਚੁਣਿਆ ਗਿਆ ਹੈ। ਅਕਾਲੀ ਦਲ ਦੇ ਸੀਨੀਅਰ ਨੇਤਾ ਤੋਤਾ ਸਿੰਘ ਨੇ ਬਡੂੰਗਰ ਦਾ ਨਾਂ ਪ੍ਰਧਾਨਗੀ ਲਈ ਪੇਸ਼ ਕੀਤਾ ਸੀ, ਜਦੋਂ ਕਿ ਹਰਿਆਣਾ ਕਮੇਟੀ ਨੇ ਵੋਟਿੰਗ ਦੀ ਮੰਗ ਕਰਦੇ ਹੋਏ ਸੁਰਜੀਤ ਸਿੰਘ ਕਾਲਾਂਵਾਲੀ ਦਾ ਨਾਂ ਪ੍ਰਧਾਨਗੀ ਲਈ ਪੇਸ਼ ਕੀਤਾ ਸੀ। ਜਿਵੇਂ ਹੀ ਪ੍ਰਧਾਨ ਲਈ ਬਡੂੰਗਰ ਦੇ ਨਾਂ ਦਾ ਐਲਾਨ ਹੋਇਆ ਤਾਂ ਕਾਲਾਂਵਾਲੀ ਨੇ ਆਪਣਾ ਨਾਂ ਵਾਪਸ ਲੈ ਲਿਆ। ਇਸ ਤੋਂ ਬਾਅਦ ਮੀਟਿੰਗ ‘ਚ ਮੌਜੂਦ ਸਾਰੇ ਮੈਂਬਰਾਂ ਨੇ ਜੈਕਾਰਿਆਂ ਨਾਲ ਬਡੂੰਗਰ ਦੇ ਨਾਂ ਦੀ ਹਮਾਇਤ ਕੀਤੀ। ਤੁਹਾਨੂੰ ਦੱਸ ਦੇਈਏ ਕਿ ਕਿਰਪਾਲ ਸਿੰਘ ਬਡੂੰਗਰ 2002 ‘ਚ ਸਿੱਖਾਂ ਦੀ ਸਭ ਤੋਂ ਵੱਡੀ ਸੰਸਥਾ ਦੇ ਪ੍ਰਧਾਨ ਰਹਿ ਚੁੱਕੇ ਹਨ। ਐੱਸ. ਜੀ. ਪੀ. ਸੀ. ਦੇ ਪ੍ਰਧਾਨ ਦੀ ਚੋਣ 6 ਸਾਲਾਂ ਬਾਅਦ ਕੀਤੀ ਗਈ ਹੈ। ਇਸ ਤੋਂ ਪਹਿਲਾਂ ਜੱਥੇਦਾਰ ਅਵਤਾਰ ਸਿੰਘ ਮੱਕੜ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਸਨ।