ਮੁੱਖ ਮੰਤਰੀ ਤੇ ਮੰਤਰੀਆਂ ਨੇ ਵਾਹਨਾਂ ਤੋਂ ਹਟਾਈਆਂ ਲਾਲ ਬੱਤੀਆਂ

37

ਬੀਤੇ ਦਿਨ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਤੋਂ ਤੁਰੰਤ ਬਾਅਦ ਹੀ ਵੀ. ਆਈ. ਪੀ. ਕਲਚਰ ਖਤਮ ਕਰਨ ਬਾਰੇ ਲਏ ਫੈਸਲੇ ‘ਤੇ ਫੌਰੀ ਅਮਲ ਕਰਦਿਆਂ ਅਤੇ ਇਸ ਸਬੰਧੀ ਰਸਮੀ ਨੋਟੀਫਿਕੇਸ਼ਨ ਦੀ ਉਡੀਕ ਕੀਤੇ ਬਿਨਾਂ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੈਬਨਿਟ ਮੰਤਰੀਆਂ ਨੇ ਆਪਣੇ ਵਾਹਨਾਂ ਤੋਂ ਲਾਲ ਬੱਤੀਆਂ ਹਟਾ ਦਿੱਤੀਆਂ ਹਨ | ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵੀ. ਆਈ. ਪੀ. ਕਲਚਰ ਦੀ ਦਿਖਾਵੇਬਾਜ਼ੀ ਨੂੰ ਖਤਮ ਕਰਨ ਬਾਰੇ ਸਰਕਾਰ ਦਾ ਇਹ ਕਦਮ ਕਾਂਗਰਸ ਦੇ ਚੋਣ ਮਨੋਰਥ ਪੱਤਰ ਦਾ ਹਿੱਸਾ ਹੈ ਤੇ ਮੰਤਰੀ ਮੰਡਲ ਨੇ ਇਸ ਨੂੰ ਸਹੀ ਮਾਅਨਿਆਂ ਵਿਚ ਅਮਲ ‘ਚ ਲਿਆਉਣ ਦਾ ਫੈਸਲਾ ਕੀਤਾ | ਭਾਵੇਂ ਕਿ ਕਾਂਗਰਸ ਦੇ ਚੋਣ ਮਨੋਰਥ ਪੱਤਰ ਵਿਚ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀਆਂ ਨੂੰ ਇਸ ਦੇ ਘੇਰੇ ਤੋਂ ਬਾਹਰ ਰੱਖਿਆ ਗਿਆ ਸੀ | ਪਰ ਸਮੁੱਚੀ ਕੈਬਨਿਟ ਨੇ ਆਪਣੇ ਆਪ ਨੂੰ ਇਸ ਫੈਸਲੇ ਦੇ ਦਾਇਰੇ ਵਿਚ ਲਿਆਉਣ ਦਾ ਫੈਸਲਾ ਕੀਤਾ | ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਤੇ ਮੰਤਰੀਆਂ ਦੇ ਵਾਹਨਾਂ ਤੋਂ ਲਾਲ ਬੱਤੀਆਂ ਹਟਾਉਣ ਨਾਲ ਸੂਬਾ ਸਰਕਾਰ ਦੇ ਉਨ੍ਹਾਂ ਯਤਨਾਂ ਦਾ ਮੁੱਢ ਬੰਨਿ੍ਹਆ ਗਿਆ ਜਿਸ ਦਾ ਮਕਸਦ ਸਰਕਾਰੀ ਮਸ਼ੀਨਰੀ ‘ਚੋਂ ਜ਼ੋਰ-ਸ਼ੋਰ ਨਾਲ ਪ੍ਰਚਾਰੇ ਜਾਂਦੇ ਵੀ. ਆਈ. ਪੀ. ਸੱਭਿਆਚਾਰ ਦਾ ਮੁਕੰਮਲ ਸਫਾਇਆ ਕਰਨਾ ਹੈ | ਜੋ ਲੰਘੇ ਵਰਿ੍ਹਆਂ ਤੋਂ ਖਜ਼ਾਨੇ ‘ਤੇ ਵੱਡਾ ਬੋਝ ਪੈਣ ਦੇ ਨਾਲ-ਨਾਲ ਆਮ ਆਦਮੀ ਲਈ ਮੁਸੀਬਤਾਂ ਦਾ ਕਾਰਨ ਬਣਿਆ ਹੋਇਆ ਹੈ | ਬੁਲਾਰੇ ਨੇ ਦੱਸਿਆ ਕਿ ਐਮਰਜੈਂਸੀ ਹਸਪਤਾਲ, ਐਾਬੂਲੈਂਸ, ਅੱਗ ਬੁਝਾਊ ਵਾਹਨਾਂ ਤੋਂ ਇਲਾਵਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਤੇ ਬਾਕੀ ਜੱਜਾਂ ਦੇ ਵਾਹਨਾਂ ਨੂੰ ਛੱਡ ਕੇ ਸਰਕਾਰੀ ਵਾਹਨਾਂ ‘ਤੇ ਲਾਲ ਬੱਤੀ ਦੀ ਵਰਤੋਂ ਬਾਰੇ ਨੀਤੀ ਨੂੰ ਅੰਤਿਮ ਰੂਪ ਦੇਣ ਦੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕੀਤੀ ਜਾ ਚੱੁਕੀ ਹੈ | ਬੁਲਾਰੇ ਨੇ ਦੱਸਿਆ ਕਿ ਲੋੜੀਂਦਾ ਨੋਟੀਫਿਕੇਸ਼ਨ ਜਾਰੀ ਹੁੰਦੇ ਸਾਰ ਹੀ ਸਾਰੇ ਸਰਕਾਰੀ ਵਿਭਾਗਾਂ ਵੱਲੋਂ ਇਸ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ | ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਦੇ ਬਾਕੀ ਫੈਸਲਿਆਂ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਵੀ ਆਰੰਭੀ ਜਾ ਚੁੱਕੀ ਹੈ | ਉਨ੍ਹਾਂ ਕਿਹਾ ਕਿ ਸਾਰੇ ਫੈਸਲਿਆਂ ਨੂੰ ਸਮਾਂਬੱਧ ਢਾਂਚੇ ਵਿਚ ਅਮਲ ਵਿਚ ਲਿਆਂਦਾ ਜਾਵੇਗਾ | ਮੁੱਖ ਮੰਤਰੀ ਅਤੇ ਸਬੰਧਤ ਮੰਤਰੀ ਇਸ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਹਨ ਤਾਂ ਜੋ ਇਸ ਵਿਚ ਕੋਈ ਔਕੜ ਜਾਂ ਦੇਰੀ ਨਾ ਹੋਣ ਨੂੰ ਯਕੀਨੀ ਬਣਾਇਆ ਜਾ ਸਕੇ |